ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਪ੍ਰਤੀ ਏਕੜ ਮੁਆਵਜ਼ਾ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਪ੍ਰਤੀ ਏਕੜ ਮੁਆਵਜ਼ਾ

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।

   ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ ‘ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗ਼ੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।

 ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਜਾਣਕਾਰੀ ਭਰ ਕੇ 30 ਨਵੰਬਰ, 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ।

Leave a Reply

Your email address will not be published. Required fields are marked *